ਕਰਜ਼ਾ ਮੁਆਫੀ ਲਈ ਕੈਪਟਨ ਵੱਲੋਂ 580 ਕਰੋੜ ਦਾ ਹੋਰ ਗੱਫਾ
cmp.jpgਚੰਡੀਗੜ੍ਹ:-10ਜਨਵਰੀ-(ਮੀਡੀ,ਦੇਸਪੰਜਾਬ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਫਸਲੀ ਕਰਜ਼ਾ ਮੁਆਫੀ ਲਈ ਇੱਕ ਲੱਖ 15 ਹਜ਼ਾਰ ਹੋਰ ਕੇਸਾਂ ਨੂੰ ਪ੍ਰਵਾਨਗੀ ਦੇ ਦਿੱਤੀ ਹੈ ਜਿਸ ਦੀ ਰਾਸ਼ੀ 580 ਕਰੋੜ ਰੁਪਏ ਬਣਦੀ ਹੈ। ਇਹ ਰਾਸ਼ੀ 31 ਜਨਵਰੀ, 2018 ਤੋਂ ਪਹਿਲਾਂ ਸੂਬੇ ਭਰ ਦੇ ਕਿਸਾਨਾਂ ਨੂੰ ਵੰਡੀ ਜਾਵੇਗੀ। ਇਹ ਐਲਾਨ ਮੁੱਖ ਮੰਤਰੀ ਦੀ ਅਗਵਾਈ ਹੇਠ ਹੋਈ ਉੱਚ ਪੱਧਰੀ ਮੀਟਿੰਗ ਦੌਰਾਨ ਕੀਤਾ ਗਿਆ ਹੈ।

ਸਰਕਾਰੀ ਬੁਲਾਰੇ ਨੇ ਵਿਸਥਾਰ ਵਿੱਚ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਰਜ਼ਾ ਰਾਸ਼ੀ ਦਾ ਲਾਭ ਦੇਣ ਬਾਰੇ ਢੰਗ-ਤਰੀਕੇ ਤਲਾਸ਼ੇ ਜਾ ਰਹੇ ਹਨ। ਮੀਟਿੰਗ ਦੌਰਾਨ ਇਸ ਗੱਲ ‘ਤੇ ਵੀ ਸਹਿਮਤੀ ਬਣੀ ਕਿ ਕਰਜ਼ਾ ਮੁਆਫੀ ਦੇ ਸਰਟੀਫਿਕੇਟ ਜਨਤਕ ਤੌਰ ‘ਤੇ ਪੇਸ਼ ਕੀਤੇ ਜਾਣ ਤਾਂ ਕਿ ਵਿਰੋਧੀ ਧਿਰਾਂ ਜਾਂ ਕੁਝ ਕਿਸਾਨ ਯੂਨੀਅਨਾਂ ਆਪਣੇ ਸੌੜੇ ਹਿੱਤ ਪੂਰਨ ਲਈ ਕੂੜ ਪ੍ਰਚਾਰ ਰਾਹੀਂ ਕਿਸੇ ਵੀ ਤਰ੍ਹਾਂ ਕਿਸਾਨਾਂ ਨੂੰ ਗੁੰਮਰਾਹ ਨਾ ਕਰ ਸਕਣ।
ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕਰਜ਼ਾ ਵੰਡ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਯਕੀਨੀ ਬਣਾਇਆ ਜਾਵੇ ਤੇ ਕੋਈ ਵੀ ਯੋਗ ਕਿਸਾਨ ਇਸ ਦੇ ਲਾਭ ਤੋਂ ਵਾਂਝਾ ਨਹੀਂ ਰਹਿਣਾ ਚਾਹੀਦਾ। ਕੈਪਟਨ ਨੇ ਅਧਿਕਾਰੀਆਂ ਨੂੰ ਗ਼ਲਤ ਸ਼ਬਦ-ਜੋੜ ਵਰਗੀਆਂ ਤਕਨੀਕੀ ਊਣਤਾਈਆਂ ਤੁਰੰਤ ਦਰੁਸਤ ਕਰਨ ਤੇ ਇਸ ਸਕੀਮ ਨੂੰ ਪ੍ਰਭਾਵੀ ਢੰਗ ਨਾਲ ਅਮਲ ਵਿੱਚ ਲਿਆਉਣ ਦੇ ਰਾਹ ਵਿੱਚ ਆਉਣ ਵਾਲੀਆਂ ਰੁਕਾਵਟਾਂ ਦੂਰ ਕਰਨ ਦੇ ਹੁਕਮ ਦਿੱਤੇ।
ਉਨ੍ਹਾਂ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਨੇ ਇਹ ਸਪੱਸ਼ਟ ਕਰ ਦਿੱਤਾ ਕਿ ਇਸ ਸਬੰਧ ਵਿੱਚ ਕਿਸੇ ਤਰ੍ਹਾਂ ਦੀ ਅਣਗਹਿਲੀ ਸਹਿਣ ਨਹੀਂ ਕੀਤੀ ਜਾਵੇਗੀ। ਉਨ੍ਹਾਂ ਨੇ ਸੀਨੀਅਰ ਅਧਿਕਾਰੀਆਂ ਨੂੰ ਸਮੁੱਚੀ ਪ੍ਰਕਿਰਿਆ ਦੀ ਖੁਦ ਨਿਗਰਾਨੀ ਕਰਨ ਦੇ ਹੁਕਮ ਦਿੱਤੇ। ਉਨਾਂ ਕਿਹਾ ਕਿ ਸੂਬਾ ਸਰਕਾਰ ਇਸ ਸਕੀਮ ਨੂੰ ਸਹੀ ਮਾਅਨਿਆਂ ਵਿੱਚ ਲਾਗੂ ਕਰਨ ਲਈ ਪੂਰਨ ਤੌਰ ‘ਤੇ ਵਚਨਬੱਧ ਹੈ।
ਪਹਿਲੇ ਪੜਾਅ ਵਿੱਚ ਸਰਕਾਰ ਵੱਲੋਂ ਸਹਿਕਾਰੀ ਸੰਸਥਾਵਾਂ ਦਾ ਕਰਜ਼ਾ ਮੁਆਫ ਕੀਤਾ ਜਾ ਰਿਹਾ ਹੈ ਜਿਸ ਲਈ 5.63 ਲੱਖ ਕਿਸਾਨਾਂ ਦੀ ਸ਼ਨਾਖਤ ਕੀਤੀ ਜਾ ਚੁੱਕੀ ਹੈ ਜਿਨ੍ਹਾਂ ਨੂੰ 2700 ਕਰੋੜ ਰੁਪਏ ਦੀ ਰਾਹਤ ਦਿੱਤੀ ਜਾ ਰਹੀ ਹੈ। ਸਮੁੱਚੀ ਪ੍ਰਕਿਰਿਆ ਨੂੰ ਚਾਰ ਪੜਾਵਾਂ ਵਿੱਚ ਨੇਪਰੇ ਚਾੜ੍ਹਿਆ ਜਾਵੇਗਾ ਤੇ ਸਹਿਕਾਰੀ ਸੰਸਥਾਵਾਂ ਤੋਂ ਬਾਅਦ ਨਿੱਜੀ ਅਤੇ ਕੌਮੀ ਬੈਂਕਾਂ ਨੂੰ ਵੀ ਇਸ ਸਕੀਮ ਦੇ ਘੇਰੇ ਵਿੱਚ ਲਿਆਂਦਾ ਜਾਵੇਗਾ।