ਸ਼ਹੀਦਾਂ ਦੀ ਯਾਦਗਾਰ ਦਾ ਮਤਾ ਰੱਦ ਕਰਨ 'ਤੇ ਸ਼੍ਰੋਮਣੀ ਕਮੇਟੀ ਦੀ ਤਿੱਖੀ ਵਿਰੋਧਤਾ

ਅੰਮ੍ਰਿਤਸਰ, 23 ਜੁਲਾਈ :ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਦਰਬਾਰ ਸਾਹਿਬ ਕੰਪਲੈਕਸ ਅੰਦਰ ਸਾਕਾ ਨੀਲਾ ਤਾਰਾ ਦੇ ਸ਼ਹੀਦਾਂ ਦੀ ਯਾਦਗਾਰ ਉਸਾਰਨ ਦਾ ਮਤਾ ਰੱਦ ਕੀਤੇ ਜਾਣ ਤੋਂ ਬਾਅਦ ਪੰਥਕ ਹਲਕਿਆਂ ਅੰਦਰ ਇਸ ਦੀ ਵਿਰੋਧਤਾ ਦੀਆਂ ਸੁਰਾਂ ਤਿੱਖੀਆਂ ਹੋਣ ਲੱਗੀਆਂ ਹਨ।
ਯਾਦ ਰਹੇ ਕਿ ਸਾਲ 2005 ਦੌਰਾਨ ਸ਼੍ਰੋਮਣੀ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਾਰਜਕਾਰਨੀ ਕਮੇਟੀ ਦੀ ਮੀਟਿੰਗ 'ਚ ਮਤਾ ਪਾਸ ਕਰਕੇ ਸਾਕਾ ਨੀਲਾ ਤਾਰਾ ਦੇ ਸ਼ਹੀਦਾਂ ਦੀ ਯਾਦਗਾਰ ਉਸਾਰਨ ਦਾ ਐਲਾਨ ਕੀਤਾ ਸੀ। ਬੀਤੇ ਦਿਨੀਂ ਸ਼੍ਰੋਮਣੀ ਕਮੇਟੀ ਦੀ ਕਾਰਜਕਾਰਨੀ ਕਮੇਟੀ ਦੀ ਮੀਟਿੰਗ 'ਚ ਸ਼੍ਰੋਮਣੀ ਕਮੇਟੀ ਪ੍ਰਧਾਨ ਅਵਤਾਰ ਸਿੰਘ ਮੱਕੜ ਵਲੋਂ ਇਹ ਮਤਾ ਪੂਰੇ ਮੈਂਬਰਾਂ ਦੀ ਸਹਿਮਤੀ ਨਾ ਹੋਣ ਕਾਰਨ ਰੱਦ ਕਰ ਦਿੱਤਾ ਗਿਆ ਸੀ। ਇਸ ਮਾਮਲੇ ਨੂੰ ਲੈ ਕੇ ਪੰਥਕ ਧਿਰਾਂ ਅੰਦਰ ਸ਼੍ਰੋਮਣੀ ਕਮੇਟੀ ਦੀ ਤਿੱਖੀ ਵਿਰੋਧਤਾ ਸ਼ੁਰੂ ਹੋ ਗਈ ਹੈ। ਪੰਥਕ ਆਗੂ ਇਸ 'ਤੇ ਪ੍ਰਤੀਕਰਮ ਵਜੋਂ ਸ਼੍ਰੋਮਣੀ ਕਮੇਟੀ 'ਤੇ ਆਰਐਸਐਸ ਦਾ ਕਬਜ਼ਾ ਹੋਣ ਦੇ ਦੋਸ਼ ਲਗਾ ਰਹੇ ਹਨ। ਸ਼੍ਰੋਮਣੀ ਅਕਾਲੀ ਦਲ (ਅ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਸ਼੍ਰੋਮਣੀ ਕਮੇਟੀ ਵਲੋਂ

ਸ਼ਹੀਦਾਂ ਦੀ ਯਾਦਗਾਰ ਉਸਾਰਨ ਦਾ ਮਤਾ ਰੱਦ ਕਰਨ ਦਾ ਫ਼ੈਸਲਾ ਆਰਐਸਐਸ ਨੂੰ ਖੁਸ਼ ਕਰਨ ਵਾਲਾ ਦੱਸਿਆ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਸ਼੍ਰੋਮਣੀ ਕਮੇਟੀ ਆਰਐਸਐਸ ਨੂੰ ਖੁਸ਼ ਕਰਨ ਲਈ ਸ੍ਰੀ ਹਰਿਮੰਦਰ ਸਾਹਿਬ 'ਤੇ ਹਮਲਾ ਕਰਨ ਵਾਲਿਆਂ ਦੀ ਯਾਦਗਾਰ ਤਾਂ ਬਣਾ ਸਕਦੀ ਹੈ, ਪਰ ਸ੍ਰੀ ਹਰਿਮੰਦਰ ਸਾਹਿਬ ਦੀ ਰੱਖਿਆ ਲਈ ਸ਼ਹੀਦ ਹੋਏ ਸਿੱਖਾਂ ਦੀ ਨਹੀਂ। ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਪੰਚ ਪ੍ਰਧਾਨੀ ਦੇ ਆਗੂ ਦਲਜੀਤ ਸਿੰਘ ਬਿੱਟੂ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਸ਼੍ਰੋਮਣੀ ਕਮੇਟੀ ਦੇ ਸਿੱਖ ਮਾਨਸਿਕਤਾ ਵਿਰੋਧੀ ਫੈਸਲੇ ਵਿਰੁੱਧ ਸਿੱਖ ਸੰਗਤਾਂ ਨੂੰ ਜਾਗਰੂਕ ਕਰਕੇ ਲਾਮਬੰਦ ਕਰੇਗੀ।