ਹਿਊਮਨ ਰਾਈਟਸ ਆਰਗੇਨਾਈਜ਼ੇਸ਼ਨ ਨੇ ਖੋਲ੍ਹਿਆ ਮੋਹਾਲੀ ‘ਚ ਦਫ਼ਤਰ |
|
|
ਮੋਹਾਲੀ
ਮਨੁੱਖੀ ਅਧਿਕਾਰਾਂ ਸਬੰਧੀ ਲੋਕਾਂ ਨੂੰ ਜਾਗਰੂਕ ਕਰਾਉਣ ਅਤੇ ਉਨ੍ਹਾਂ ਦੇ ਅਧਿਕਾਰਾਂ ਦੀ ਰਾਖੀ ਕਰਨ ਵਿਚ ਮੋਹਰੀ ਯੂਨੀਵਰਸਲ ਹਿਊਮਨ ਰਾਈਟਸ ਆਰਗੇਨਾਈਜੇਸ਼ਨ ਵੱਲੋਂ ਮੋਹਾਲੀ ਵਿਖੇ ਵੀ ਆਪਣੇ ਦਫਤਰ ਦੀ ਸਥਾਪਨਾ ਕਰ ਦਿੱਤੀ ਗਈ ਹੈ। ਸੰਸਥਾ ਦੇ ਚੇਅਰਮੈਨ ਅਸ਼ੋਕ
ਵੈਕਟਰ ਨੇ ਜ਼ਿਲ੍ਹਾ ਮੋਹਾਲੀ ਦਾ ਪ੍ਰਧਾਨ ਹਰਕੇਸ਼ ਕੁਮਾਰ ਨੂੰ ਨਿਯੁਕਤ ਕੀਤਾ ਹੈ। ਇਸ ਸਬੰਧੀ ਸੰਸਥਾ ਦੇ ਮੋਹਾਲੀ ਸਥਿਤ ਦਫਤਰ ਕੋਠੀ ਨੰਬਰ-470 ਫੇਜ਼-4 ਵਿਖੇ ਇੱਕ ਸਾਦਾ ਪਰ ਪ੍ਰਭਾਵਸ਼ਾਲੀ ਸਮਾਗਮ ਕੀਤਾ ਗਿਆ। ਇਸ ਸਮਾਗਮ ਵਿਚ ਵਾਰਡ ਨੰਬਰ-5 ਦੇ ਕੌਂਸਲਰ ਗੁਰਮੁਖ ਸਿੰਘ ਸੋਹਲ ਨੇ ਵਿਸ਼ੇਸ਼ ਮਹਿਮਾਨ ਵੱਜੋਂ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਸ੍ਰੀ ਵੈਕਟਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਸੰਸਥਾ ਨੂੰ ਹਰ ਤਰ੍ਹਾਂ ਦਾ ਸਹਿਯੋਗ ਦਿੱਤਾ ਜਾਵੇਗਾ। ਸ੍ਰੀ ਸੋਹਲ ਨੇ ਕਿਹਾ ਕਿ ਇਹ ਸੰਸਥਾ ਲੋਕਾਂ ਦੇ ਹੱਕਾਂ ਦੀ ਰਾਖੀ ਕਰ ਰਹੀ ਹੈ ਅਤੇ ਇਹ ਗਰੀਬ ਲੋਕਾਂ ਦੀ ਮੱਦਦ ਦਾ ਬਹੁਤ ਵਧੀਆ ਜ਼ਰੀਆ ਹੈ।
ਇਸ ਤੋਂ ਪਹਿਲਾਂ ਸਮਾਗਮ ਨੂੰ ਸੰਬੋਧਨ ਕਰਦਿਆਂ ਸੰਸਥਾ ਦੇ ਚੇਅਰਮੈਨ ਅਸ਼ੋਕ ਵੈਕਟਰ ਨੇ ਦੱਸਿਆ ਕਿ ਉਨ੍ਹਾਂ ਦੀ ਸੰਸਥਾ ਇੰਟਰਨੈਸ਼ਨਲ ਫਾਊਂਡੇਸ਼ਨ ਫਾਰ ਮਨਿਓਰਟੀ ਯੂਐਸਏ ਨਾਲ ਐਫੀਲੀਏਟਿਡ ਹੈ ਜਿਸ ਦਾ ਮੁੱਖ ਮੰਤਵ ਲੋਕਾਂ ਦੇ ਮਨੁੱਖੀ ਅਧਿਕਾਰਾਂ ਦੀ ਰੱਖਿਆ ਕਰਨਾ ਹੈ। ਉਨ੍ਹਾਂ ਕਿਹਾ ਕਿ ਅਕਸਰ ਦੇਖਣ ਵਿਚ ਆਉਾਂਦਾ ਕਿ ਮਨੁੱਖੀ ਅਧਿਕਾਰਾਂ ਦਾ ਘਾਣ ਸਾਡੇ ਆਸ-ਪਾਸ ਤੋਂ ਹੀ ਸ਼ੁਰੂ ਹੁੰਦਾ ਹੈ ਜਿਸ ਨੂੰ ਰੋਕਣ ਲਈ ਸੰਸਥਾ ਵੱਲੋਂ ਭਾਰਤ ਅੰਦਰ ਮੁਹਿੰਮ ਸ਼ੁਰੂ ਕੀਤੀ ਹੋਈ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਕਈ ਬੱਚਿਆਂ ਨੂੰ ਬਾਲ ਮਜ਼ਦੂਰੀ ਦੇ ਚੁੰਗਲ ‘ਚੋਂ ਬਾਹਰ ਕੱਢਿਆ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਉਨ੍ਹਾਂ ਦੀ ਸੰਸਥਾ ਭਰੂਣ ਹੱਤਿਆ ਦੇ ਖਿਲਾਫ਼ ਵੀ ਕੰਮ ਕਰਦੀ ਹੈ। ਇਕ ਸਵਾਲ ਦੇ ਜਵਾਬ ਵਿਚ ਸ੍ਰੀ ਵੈਕਟਰ ਨੇ ਕਿਹਾ ਕਿ ਬਾਲ ਮਜਦੂਰਾਂ ਦੇ ਮੁੜ ਵਸੇਬੇ ਲਈ ਮੁਫਤ ਸਿੱਖਿਆ ਦਾ ਵੀ ਪ੍ਰਬੰਧ ਹੈ। ਇਸ ਮੌਕੇ ਜ਼ਿਲ੍ਹਾ ਮੋਹਾਲੀ ਦੇ ਚੁਣੇ ਗਏ ਪ੍ਰਧਾਨ ਹਰਕੇਸ਼ ਕੁਮਾਰ ਨੇ ਭਰੋਸਾ ਦਿਵਾਇਆ ਕਿ ਉਹ ਸੰਸਥਾ ਲਈ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਜਿਹੜੀ ਜ਼ਿੰਮੇਵਾਰੀ ਉਨ੍ਹਾਂ ਨੂੰ ਸੌਂਪੀ ਗਈ ਹੈ ਉਹ ਉਸ ‘ਤੇ ਖਰੇ ਉਤਰਨਗੇ। ਇਸ ਮੌਕੇ ਉਨ੍ਹਾਂ ਗੁਰਮੁਖ ਸਿੰਘ ਸੋਹਲ ਅਤੇ ਅਸ਼ੋਕ ਵੈਕਟਰ ਨੂੰ ਸਨਮਾਨ ਚਿੰਨ ਦੇ ਕੇ ਸਨਮਾਨਿਤ ਵੀ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਬਿਊਰੋ ਆਫ ਇੰਡੀਅਨ ਸਟੈਂਡਰਡ ਦੇ ਡਾਇਰੈਕਟਰ ਰਕੇਸ਼ ਕੁਮਾਰ, ਸੰਸਥਾ ਦੀ ਨੈਸ਼ਨਲ ਇਨਫਰਮੇਸ਼ਨ ਅਫਸਰ ਸੁਰਿੰਦਰ ਕੌਰ ਆਦਿ ਵੀ ਮੌਜੂਦ ਸਨ।
|