ਨਵੰਬਰ ‘ਚ ਸ਼੍ਰੋਮਣੀ ਕਮੇਟੀ ਦਾ ਐਲਾਨ |
|
|
ਚੰਡੀਗੜ੍ਹ : 31 ਜੁਲਾਈ
ਹਰਿਆਣਾ ਦੇ ਸਿੱਖਾਂ ਦੀ ਮੰਗ ਵੱਖਰੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਬੰਧ ‘ਚ ਗਠਿਤ ਚੱਠਾ ਕਮੇਟੀ ਨੇ ਆਪਣੀ ਰਿਪੋਰਟ ‘ਚ ਹਰਿਆਣਾ ਲਈ ਵੱਖਰੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ
ਬਣਾਉਣ ਦੀ ਸਿਫ਼ਾਰਸ਼ ਕੀਤੀ ਹੈ। ਇਹ ਰਿਪੋਰਟ ਐਡਵੋਕੇਟ ਜਨਰਲ ਦੀ ਅਗਵਾਈ ਹੇਠ ਬਣਾਈ ਕਾਨੂੰਨੀ ਸਲਾਹਕਾਰ ਕਮੇਟੀ ਕੋਲ ਕਾਨੂੰਨੀ ਸਲਾਹ ਮਸ਼ਵਰੇ ਸਬੰਧੀ ਭੇਜੀ ਗਈ ਹੈ।
ਜੇਕਰ ਇਹ ਕਾਨੂੰਨੀ ਸਲਾਹਕਾਰ ਕਮੇਟੀ ਆਪਣੀ ਰਿਪੋਰਟ ਛੇਤੀ ਹੀ ਸਰਕਾਰ ਨੂੰ ਸੌਂਪ ਦਿੰਦੀ ਹੈ ਤਾਂ ਹਰਿਆਣਾ ਦਿਵਸ ਮੌਕੇ ਹਰਿਆਣਾ ਦੀ ਵੱਖਰੀ ਐਸ ਜੀ ਪੀ ਸੀ ਦਾ ਐਲਾਨ ਕਰ ਦਿੱਤਾ ਜਾਵੇਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ਤੋਂ ਸ਼ੁਰੂ ਹੋਏ ਹਰਿਆਣਾ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੌਰਾਨ ਪ੍ਰੈਸ ਰੂਮ ‘ਚ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਹਰਿਆਣਾ ਦੇ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਨੇ ਕੀਤਾ।
ਸ੍ਰੀ ਹੁੱਡਾ ਨੇ ਇਸ ਦੌਰਾਨ ਅੱਗੇ ਬੋਲਦਿਆਂ ਕਿਹਾ ਕਿ ਹੋ ਸਕਦਾ ਹੈ ਇਹ ਇਸ ਸਰਕਾਰ ਦਾ ਆਖ਼ਰੀ ਸੈਸ਼ਨ ਹੋਵੇ ਤੇ ਇਸ ‘ਚ ਵੀ ਵਿਰੋਧੀ ਧਿਰ ਦੇ ਨੇਤਾ ਦਾ ਨਾ ਹੋਣਾ ਇਸ ਗੱਲ ਦਾ ਪ੍ਰਮਾਣ ਹੈ ਕਿ ਵਿਰੋਧੀ ਧਿਰ ਕੋਲ ਕੋਈ ਮੁੱਦਾ ਹੀ ਨਹੀਂ ਹੈ। ਉਨ੍ਹਾਂ ਅਸਿੱਧੇ ਤੌਰ ‘ਤੇ ਕਿਹਾ ਕਿ ਹਰਿਆਣਾ ਦੀਆਂ ਵਿਧਾਨ ਸਭਾ ਚੋਣਾਂ ਜਲਦ ਹੋਣ ਵਾਲੀਆਂ ਹਨ। ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਉਨ੍ਹਾਂ ਕਿਹਾ ਕਿ ਕਾਂਗਰਸ ਕੋਲ ਸਥਿਰ ਤੇ ਲੋਕ ਪੱਖੀ ਸਰਕਾਰ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਰਾਜ ‘ਚ ਕੀਤੇ ਪੂਰਨ ਵਿਕਾਸ ਦੇ ਮੁੱਦੇ ਨੂੰ ਲੈ ਕੇ ਚੋਣਾਂ ਲੜੇਗੀ। ਉਨ੍ਹਾਂ ਦੱਸਿਆ ਕਿ ਇਸ ਨਾਲ ਝੋਨੇ ਦੀ ਲਵਾਈ ਦੇ ਮੌਸਮ ਦੌਰਾਨ ਹੁਣ ਤੱਕ 1750 ਕਰੋੜ ਦੀ ਮੁਫਤ ਬਿਜਲੀ ਕਿਸਾਨਾਂ ਨੂੰ ਦਿੱਤੀ ਜਾ ਚੁੱਕੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਕਾਫੀ ਘੱਟ ਮੀਂਹ ਪੈਣ ਦੇ ਬਾਵਜੂਦ ਹਰਿਆਣਾ ਸਰਕਾਰ ਨੇ ਕਿਸਾਨਾਂ ਦੀਆਂ ਫ਼ਸਲਾਂ ਸੁੱਕਣ ਨਹੀਂ ਦਿੱਤੀਆਂ। ਉਨ੍ਹਾਂ ਕਿਹਾ ਕਿ ਦਾਲਾਂ ਦੀਆਂ ਵਧੀਆਂ ਹੋਈਆਂ ਕੀਮਤਾਂ ਦੇ ਸਬੰਧ ‘ਚ ਹਰਿਆਣਾ ਤੇ ਕੇਂਦਰ ਸਰਕਾਰਾਂ ਚਿੰਤਤ ਹਨ ਤੇ ਇਸ ਸਬੰਧੀ ਜਲਦ ਸਖ਼ਤ ਕਦਮ ਚੁੱਕੇ ਜਾਣਗੇ।
ਵਿਰੋਧੀ ਧਿਰ ਦੇ ਨੇਤਾ ਓਮ ਪ੍ਰਕਾਸ਼ ਚੌਟਾਲਾ ਸਬੰਧੀ ਸਵਾਲ ਦਾ ਜਵਾਬ ਦਿੰਦਿਆਂ ਸ੍ਰੀ ਹੁੱਡਾ ਨੇ ਕਿਹਾ ਕਿ ਅੱਜ ਤੱਕ ਚੌਟਾਲਾ ਬਿਜ਼ਨਸ ਸਲਾਹਕਾਰ ਕਮੇਟੀ ਦੀ ਮੀਟਿੰਗ ‘ਚ ਨਹੀਂ ਆਏ ਹਨ, ਜੋ ਬੜੀ ਸ਼ਰਮਨਾਕ ਗੱਲ ਹੈ। ਉਨ੍ਹਾਂ ਕਿਹਾ ਕਿ ਜੇਕਰ ਵਿਰੋਧੀ ਧਿਰ ਕਿਸੇ ਮੁੱਦੇ ‘ਤੇ ਬਹਿਸ ਜਾਂ ਵਿਚਾਰ ਕਰਨਾ ਚਾਹੇ ਤਾਂ ਉਹ ਸੈਸ਼ਨ ਜਿੰਨੇ ਮਰਜ਼ੀ ਦਿਨ ਚਲਾਉਣ ਨੂੰ ਤਿਆਰ ਹਨ। ਉਨ੍ਹਾਂ ਅੰਤ ‘ਚ ਕਿਹਾ ਕਿ ਚੋਣਾਂ ਜਦੋਂ ਵੀ ਹੋਣ, ਉਹ ਹਮੇਸ਼ਾ ਤਿਆਰ ਹਨ।
|