ਸੋਨੀਆ ਗਾਂਧੀ ਨਾਲ ਮੁਲਾਕਾਤ ਦੀਆਂ ਖ਼ਬਰਾਂ ਵਿਚਾਲੇ ਕੈਪਟਨ ਅਮਰਿੰਦਰ ਸਿੰਘ ਦਾ ਅਹਿਮ ਬਿਆਨ |
|
|
ਚੰਡੀਗੜ੍ਹ -10ਸਤੰਬਰ-(MDP)- ਪੰਜਾਬ ਦੇ ਸਾਬਕਾ ਮੁੱਖ ਮੰਤਰੀ
ਕੈਪਟਨ ਅਮਰਿੰਦਰ ਸਿੰਘ ਬੀਤੀਆਂ ਵਿਧਾਨ ਸਭਾ ਚੋਣਾਂ ਤੋਂ ਕੁਝ ਮਹੀਨੇ ਪਹਿਲਾਂ ਆਪਣੇ
ਅਹੁਦੇ ਤੋਂ ਅਸਤੀਫ਼ਾ ਦੇ ਕੇ ਕਾਂਗਰਸ ਤੋਂ ਵੱਖ ਹੋ ਗਏ ਸਨ। ਮੁੱਖ ਮੰਤਰੀ ਦੇ ਅਹੁਦੇ ਤੋਂ
ਅਸਤੀਫ਼ਾ ਦੇਣ ਮਗਰੋਂ ਉਨ੍ਹਾਂ ਨੇ ਪੰਜਾਬ ਲੋਕ ਕਾਂਗਰਸ ਦਾ ਗਠਨ ਕੀਤਾ ਸੀ ਤੇ ਭਾਜਪਾ
ਨਾਲ ਰਲ਼ ਕੇ ਵਿਧਾਨ ਸਭਾ ਚੋਣਾਂ ਲੜੀਆਂ ਸਨ। ਇਸ ਮਗਰੋਂ ਉਹ ਭਾਜਪਾ ਵਿਚ ਸ਼ਾਮਲ ਹੋ ਗਏ
ਸਨ।
ਬੀਤੇ ਦਿਨੀਂ ਕੈਪਟਨ ਅਮਰਿੰਦਰ ਸਿੰਘ ਅਤੇ ਸੋਨੀਆ ਗਾਂਧੀ ਅਤੇ ਕੈਪਟਨ ਅਮਰਿੰਦਰ ਸਿੰਘ
ਵਿਚਾਲੇ ਮੀਟਿੰਗ ਦੀਆਂ ਖ਼ਬਰਾਂ ਨੇ ਪੰਜਾਬ ਵਿਚ ਇਕ ਨਵੀਂ ਸਿਆਸੀ ਚਰਚਾ ਛੇੜ ਦਿੱਤੀ। ਇਸ
ਵਿਚਾਲੇ ਹੁਣ ਕੈਪਟਨ ਅਮਰਿੰਦਰ ਸਿੰਘ ਦਾ ਬਿਆਨ ਸਾਹਮਣੇ ਆਇਆ ਹੈ। ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਸ਼ਲ ਮੀਡੀਆ ’ਤੇ ਚੱਲ ਰਹੀਆਂ ਕੁਝ
ਅਫ਼ਵਾਹਾਂ ਨੂੰ ਸਿਰੇ ਤੋਂ ਖਾਰਜ ਕਰ ਦਿੱਤਾ ਹੈ ਕਿ ਉਹ ਕਾਂਗਰਸ ਆਗੂ ਸੋਨੀਆ ਗਾਂਧੀ ਨੂੰ
ਮਿਲੇ ਸਨ। ਕੈ. ਅਮਰਿੰਦਰ ਨੇ ਕਿਹਾ ਕਿ ਇਹ ਬਿਨਾਂ ਕਿਸੇ ਸੱਚਾਈ ਦੇ ਬੇਬੁਨਿਆਦ ਅਫ਼ਵਾਹਾਂ
ਹਨ।
ਉਨ੍ਹਾਂ ਨੇ ਸਪੱਸ਼ਟ ਤੌਰ ’ਤੇ ਕਿਹਾ ਕਿ ਉਹ ਭਾਰਤੀ ਜਨਤਾ ਪਾਰਟੀ, ਪ੍ਰਧਾਨ ਮੰਤਰੀ
ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਪਾਰਟੀ ਪ੍ਰਧਾਨ ਜੇ.ਪੀ. ਨੱਡਾ ਪ੍ਰਤੀ
ਵਚਨਬੱਧ ਹਨ। ਸਾਬਕਾ ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਉਨ੍ਹਾਂ ਨੇ ਹਮੇਸ਼ਾ ਲਈ ਆਪਣਾ
ਮਨ ਬਣਾ ਲਿਆ ਹੈ ਅਤੇ ਉਹ ਹਮੇਸ਼ਾ ਭਾਜਪਾ ਪ੍ਰਤੀ ਵਚਨਬੱਧ ਰਹਿਣਗੇ। “ਅਜਿਹੇ ਪੱਧਰ ’ਤੇ
ਤੁਸੀਂ ਪਿੱਛੇ ਮੁੜ ਕੇ ਨਹੀਂ ਦੇਖਦੇ”, ਉਨ੍ਹਾਂ ਨੇ ਟਿੱਪਣੀ ਕਰਦਿਆਂ ਕਿਹਾ ਕਿ ਇਹ
ਉਨ੍ਹਾਂ ਦੀ ਜ਼ਿੰਦਗੀ ਦਾ ਸਿਧਾਂਤ ਹੈ ਕਿ ਇਕ ਵਾਰ ਕੀਤਾ ਫ਼ੈਸਲਾ ਉਹ ਕਦੇ ਵਾਪਸ ਨਹੀਂ
ਲੈਂਦੇ।
|