ਸੁਖਬੀਰ, ਸੇਖਵਾਂ ਅਤੇ ਬੰਨੀ ਨੇ ਸਹੁੰ ਚੁੱਕੀ

ਚੰਡੀਗੜ੍ਹ, 7 ਅਗਸਤ (ਹਰਕਵਲਜੀਤ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸ: ਸੁਖਬੀਰ ਸਿੰਘ ਬਾਦਲ ਵੱਲੋਂ ਜ਼ਿਮਨੀ ਚੋਣਾਂ ਦੌਰਾਨ ਚੋਣ ਜਿੱਤਣ ਵਾਲੇ ਦੂਸਰੇ ਦੋ ਪਾਰਟੀ ਆਗੂਆਂ ਸ: ਸੇਵਾ ਸਿੰਘ ਸੇਖਵਾਂ ਅਤੇ ਸ: ਜਸਜੀਤ ਸਿੰਘ ਬੰਨੀ ਸਮੇਤ ਅੱਜ ਪੰਜਾਬ ਵਿਧਾਨ ਸਭਾ ਵਿਚ ਹੋਏ ਇਕ ਸਮਾਗਮ ਦੌਰਾਨ ਵਿਧਾਨ ਸਭਾ ਦੇ ਮੈਂਬਰ ਵਜੋਂ ਸਹੁੰ ਚੁੱਕੀ ਗਈ। ਪੰਜਾਬ ਵਿਧਾਨ ਸਭਾ ਦੇ ਸਪੀਕਰ ਸ: ਨਿਰਮਲ ਸਿੰਘ ਕਾਹਲੋਂ ਵੱਲੋਂ ਵਿਧਾਨ ਸਭਾ ਦੀ ਲਾਬੀ ਵਿਚ ਕੀਤੇ ਗਏ ਇਕ ਵਿਸ਼ੇਸ਼ ਸਮਾਗਮ ਵਿਚ ਸਦਨ ਦੇ ਚੁਣੇ ਗਏ ਇਨ੍ਹਾਂ ਨਵੇਂ ਮੈਂਬਰਾਂ ਨੂੰ ਸਹੁੰ ਚੁਕਾਈ ਗਈ। ਇਸ ਸਹੁੰ ਚੁੱਕ ਸਮਾਗਮ ਵਿਚ ਮੁੱਖ ਮੰਤਰੀ ਪੰਜਾਬ ਸ: ਪ੍ਰਕਾਸ਼ ਸਿੰਘ ਬਾਦਲ ਤੋਂ ਇਲਾਵਾ ਪੰਜਾਬ ਭਾਜਪਾ ਪ੍ਰਧਾਨ ਪ੍ਰੋ: ਰਾਜਿੰਦਰ ਭੰਡਾਰੀ, ਸਥਾਨਕ ਸਰਕਾਰ ਸਬੰਧੀ ਮੰਤਰੀ ਸ੍ਰੀ ਮਨੋਰੰਜਨ ਕਾਲੀਆ, ਭਾਜਪਾ ਆਗੂ ਸ੍ਰੀ ਬਲਰਾਮਜੀ ਦਾਸ ਟੰਡਨ, ਸਾਬਕਾ ਕੇਂਦਰੀ ਮੰਤਰੀ ਸ: ਸੁਖਦੇਵ ਸਿੰਘ ਢੀਂਡਸਾ ਅਤੇ ਸਾਬਕਾ ਮੰਤਰੀ ਸ: ਬਲਵਿੰਦਰ ਸਿੰਘ ਭੂੰਦੜ ਤੋਂ ਇਲਾਵਾ ਸ: ਆਦੇਸ਼ ਪ੍ਰਤਾਪ ਸਿੰਘ, ਸ: ਪਰਮਿੰਦਰ ਸਿੰਘ ਢੀਂਡਸਾ, ਸ: ਹੀਰਾ ਸਿੰਘ ਗਾਬੜੀਆ ਸਮੇਤ ਮੰਤਰੀ ਮੰਡਲ ਦੇ ਤਕਰੀਬਨ ਬਹੁਤੇ ਮੈਂਬਰ ਹਾਜ਼ਰ ਸਨ। ਸਦਨ ਦੇ ਤਿੰਨਾਂ ਨਵੇਂ ਮੈਂਬਰਾਂ ਨੇ ਪੰਜਾਬੀ ਵਿਚ ਸਹੁੰ ਚੁੱਕੀ ਅਤੇ ਬਾਅਦ ਵਿਚ ਸਪੀਕਰ ਵੱਲੋਂ ਉਨ੍ਹਾਂ ਨੂੰ ਪੰਜਾਬ ਵਿਧਾਨ ਸਭਾ ਨਾਲ ਸਬੰਧਿਤ ਨਿਯਮਾਂ ਦੀ ਜਾਣਕਾਰੀ ਵਾਲੇ ਦਸਤਾਵੇਜ਼ਾਂ ਦਾ ਇਕ ਬੈਗ ਵੀ ਭੇਟ ਕੀਤਾ ਗਿਆ। ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਉਕਤ ਤਿੰਨਾਂ ਮੈਂਬਰਾਂ ਦੀ ਜਿੱਤ ਨੇ ਸਾਬਤ ਕਰ ਦਿੱਤਾ ਹੈ ਕਿ ਅਕਾਲੀ ਦਲ ਮਾਲਵਾ, ਮਾਝਾ ਅਤੇ ਦੁਆਬਾ ਸਾਰੇ ਖੇਤਰਾਂ ਵਿਚ ਚੜ੍ਹਤ ਵੱਲ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੇ ਇਸ ਫ਼ਤਵੇ ਨੇ ਅਕਾਲੀ-ਭਾਜਪਾ ਸਰਕਾਰ ਦੀਆਂ ਨੀਤੀਆਂ ਅਤੇ ਕਾਰਗੁਜ਼ਾਰੀ ’ਤੇ ਆਪਣੀ ਮੋਹਰ ਲਗਾ ਦਿੱਤੀ ਹੈ। ਲੇਕਿਨ ਸ: ਸੁਖਬੀਰ ਸਿੰਘ ਬਾਦਲ ਨੂੰ ਪੰਜਾਬ ਮੰਤਰੀ ਮੰਡਲ ਦੇ ਮੈਂਬਰ ਵਜੋਂ ਸਹੁੰ ਚੁਕਾਉਣ ਸਬੰਧੀ ਪੁੱਛੇ ਗਏ ਸਾਰੇ ਸਵਾਲਾਂ ਦਾ ਮੁੱਖ ਮੰਤਰੀ ਨੇ ਜਵਾਬ ਦੇਣ ਤੋਂ ਇਨਕਾਰ ਕਰ ਦਿੱਤਾ ਅਤੇ ਉਨ੍ਹਾਂ ਪੱਤਰਕਾਰਾਂ ਨੂੰ ਸਪੱਸ਼ਟ ਕੀਤਾ ਕਿ ਉਹ ਇਸ ਮੁੱਦੇ ’ਤੇ ਕਿਸੇ ਵੀ ਸਵਾਲ ਦਾ ਕੋਈ ਜਵਾਬ ਨਹੀਂ ਦੇਣਗੇ। ਇਹ ਪੁੱਛੇ ਜਾਣ ’ਤੇ ਕਿ ਸ: ਸੁਖਬੀਰ ਸਿੰਘ ਬਾਦਲ ਨਾਲ ਮੰਤਰੀ ਮੰਡਲ ਵਿਚ ਖਾਲੀ ਪਏ ਇਕ ਹੋਰ ਸਥਾਨ ’ਤੇ ਇਕ ਹੋਰ ਮੰਤਰੀ ਵੀ ਸ਼ਾਮਿਲ ਕੀਤਾ ਜਾ ਸਕਦਾ ਹੈ ਤਾਂ ਸ: ਬਾਦਲ ਨੇ ਇਸ ਸਬੰਧੀ ਵੀ ਕੋਈ ਜਵਾਬ ਦੇਣ ਤੋਂ ਇਨਕਾਰ ਕੀਤਾ ਅਤੇ ਕਿਹਾ ਕਿ ਅਜਿਹੇ ਸਭ ਮਸਲਿਆਂ ’ਤੇ ਪਾਰਟੀ ਵੱਲੋਂ ਫੈਸਲਾ ਲਿਆ ਜਾਵੇਗਾ।