ਪੂਰੇ ਮੁਲਕ ਲਈ ਘਾਤਕ ਹੈ ਪ੍ਰਧਾਨ ਮੰਤਰੀ ਮੋਦੀ ਦੀ ਸੋਚ: ਜਾਖੜ
union government  gurdaspur  prime minister modi  sunil jakharਗੁਰਦਾਸਪੁਰ ਅਕਤੂਬਰ20(ਮੀਡੀਦੇਸਪੰਜਾਬ)- ਕੇਂਦਰ ਸਰਕਾਰ ਵਲੋਂ ਪਾਸ ਕੀਤੇ ਖੇਤੀ ਕਾਨੂੰਨਾਂ ਦੇ ਵਿਰੋਧ |'ਚ ਕਾਂਗਰਸ ਵਲੋਂ ਸ਼ੁਰੂ ਕੀਤੀ ਵਿਸ਼ੇਸ਼ ਮੁਹਿੰਮ ਤਹਿਤ ਅੱਜ ਗੁਰਦਾਸਪੁਰ ਵਿਖੇ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾਂ ਦੇ ਪ੍ਰਬੰਧਾਂ ਹੇਠ ਇਕ ਵਿਸ਼ਾਲ ਜਨ ਜਾਗਰੂਕਤਾ ਰੈਲੀ ਆਯੋਜਿਤ ਕੀਤੀ ਗਈ।ਇਸ ਰੈਲੀ ਵਿਚ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਵਿਸ਼ੇਸ਼ ਤੌਰ 'ਤੇ ਪਹੁੰਚ ਕੇ ਕੇਂਦਰ ਸਰਕਾਰ ਖ਼ਿਲਾਫ਼ ਤਿੱਖੀਆਂ ਅਤੇ ਤਰਕ ਭਰਪੂਰ ਟਿੱਪਣੀਆਂ ਰਾਹੀਂ ਕੇਂਦਰ ਸਰਕਾਰ ਖ਼ਿਲਾਫ਼ ਭੜਾਸ ਕੱਢੀ।

ਇਸ ਮੌਕੇ ਕੈਬਨਿਟ ਮੰਤਰੀ ਅਰੁਣਾ ਚੌਧਰੀ, ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ, ਵਿਧਾਇਕ ਬਲਵਿੰਦਰ ਸਿੰਘ ਲਾਡੀ, ਸੀਨੀਅਰ ਕਾਂਗਰਸੀ ਆਗੂ ਅਸ਼ੋਕ ਚੌਧਰੀ, ਜ਼ਿਲ੍ਹਾ ਪਲਾਨਿੰਗ ਬੋਰਡ ਦੇ ਚੇਅਰਮੈਨ ਡਾ. ਸਤਨਾਮ ਸਿੰਘ ਨਿੱਝਰ, ਰੌਸ਼ਨ ਯੂਸਫ, ਅਮਨਦੀਪ ਕੌਰ ਰੰਧਾਵਾ, ਪਠਾਨਕੋਟ ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਬੈਂਸ, ਪਠਾਨਕੋਟ ਦੇ ਜ਼ਿਲ੍ਹਾ ਪਲਾਨਿੰਗ ਬੋਰਡ ਦੇ ਚੇਅਰਮੈਨ ਅਨਿਲ ਮਹਾਜਨ ਵਿਸ਼ੇਸ਼ ਤੌਰ 'ਤੇ ਮੌਜੂਦ ਸਨ।
ਇਸ ਮੌਕੇ ਸੁਨੀਲ ਜਾਖੜ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੋਚ ਪੂਰੇ ਮੁਲਕ ਲਈ ਘਾਤਕ ਹੈ ਪਰ ਪੰਜਾਬ ਆਪਣੇ ਦੇਸ਼ ਦੇ ਲੋਕਾਂ ਦੀ ਹੱਕਾਂ ਦੀ ਰਾਖੀ ਲਈ ਮੋਦੀ ਸਰਕਾਰ ਦੀ ਹਰ ਧੱਕੇਸ਼ਾਹੀ ਦਾ ਟਾਕਰਾ ਪੂਰੀ ਹਿੰਮਤ ਅਤੇ ਹੋਸ ਨਾਲ ਕਰੇਗਾ। ਉਨ੍ਹਾਂ ਕਿਹਾ ਕਿ ਕਾਲੇ ਕਾਨੂੰਨਾਂ ਵਿਰੁੱਧ ਲੜਾਈ ਲੰਬੀ ਚੱਲੇਗੀ ਪਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਲੀਡਰਸ਼ਿਪ ਵਿਚ ਪੰਜਾਬ ਇਸ ਲੜਾਈ ਵਿਚ ਜਿੱਤ ਹਾਸਲ ਕਰੇਗਾ। ਉਨ੍ਹਾਂ ਕੇਂਦਰ ਸਰਕਾਰ ਵਲੋਂ ਪ੍ਰਚਾਰੇ ਜਾ ਰਹੇ ਝੂਠ ਨੂੰ ਬੇਨਕਾਬ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਨੇ ਪੰਜਾਬ ਨੂੰ ਦਿਹਾਤੀ ਵਿਕਾਸ ਫੰਡ ਤੋਂ ਮਿਲਦੇ 1050 ਕਰੋੜ ਰੁਪਏ ਰੋਕ ਕੇ ਆਪਣੀ ਮਨਸ਼ਾ ਸਿੱਧ ਕਰ ਦਿੱਤੀ ਹੈ ਕਿ ਭਾਜਪਾ ਸਰਕਾਰ ਪੰਜਾਬ ਦੀ ਆਰਥਿਕ ਨਾਕੇਬੰਦੀ ਕਰ ਰਹੀ ਹੈ।

ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ 9500 ਕਰੋੜ ਰੁਪਏ ਦਾ ਜੀ.ਐੱਸ.ਟੀ.ਦਾ ਹਿੱਸਾ ਵੀ ਕੇਂਦਰ ਨੇ ਪੰਜਾਬ ਨੂੰ ਨਹੀਂ ਦਿੱਤਾ। ਅਕਾਲੀ ਦਲ ਖ਼ਿਲਾਫ਼ ਬੋਲਦਿਆਂ ਉਨ੍ਹਾਂ ਕਿਹਾ ਕਿ ਅਕਾਲੀ ਦਲ ਦੇ ਨੇਤਾ ਅਸਤੀਫ਼ਾ ਦੇਣ ਨੂੰ 'ਕੁਰਬਾਨੀ' ਕਹਿ ਕਿ ਕੁਰਬਾਨੀ ਸ਼ਬਦ ਦੇ ਅਰਥਾਂ ਦਾ ਹੀ ਅਨਰਥ ਕਰ ਰਹੇ ਹਨ। ਇਸ ਮੌਕੇ ਅਰੁਣਾ ਚੌਧਰੀ, ਪਾਹੜਾ, ਲਾਡੀ, ਡਾ. ਨਿੱਝਰ ਸਮੇਤ ਹੋਰ ਅਨੇਕਾਂ ਬੁਲਾਰਿਆਂ ਨੇ ਵੀ ਸੰਬੋਧਨ ਕਰਦਿਆਂ ਕੇਂਦਰ ਸਰਕਾਰ ਖ਼ਿਲਾਫ਼ ਭੜਾਸ ਕੱਢੀ ਅਤੇ ਕਿਸਾਨਾਂ ਦੇ ਹਿੱਤਾਂ ਦੀ ਰਾਖ਼ੀ ਲਈ ਹਰ ਲੜਾਈ ਲੜਨ ਦਾ ਐਲਾਨ ਕੀਤਾ।