ਗ੍ਰਹਿ ਮੰਤਰੀ ਅਮਿਤ ਸ਼ਾਹ ਪੁੱਜੇ ਜੰਮੂ, ਸੁਰੱਖਿਆ ਸਥਿਤੀ ਦਾ ਲਿਆ ਜਾਇਜ਼ਾ |
![]() ਸ਼ਾਹ ਦਾ ਹਵਾਈ ਅੱਡੇ 'ਤੇ ਲੈਫਟੀਨੈਂਟ ਗਵਰਨਰ ਮਨੋਜ ਸਿਨਹਾ ਅਤੇ ਪ੍ਰਸ਼ਾਸਨ ਅਤੇ ਸੁਰੱਖਿਆ ਬਲਾਂ ਦੇ ਉੱਚ ਅਧਿਕਾਰੀਆਂ ਨੇ ਸਵਾਗਤ ਕੀਤਾ। ਅਧਿਕਾਰੀਆਂ ਨੇ ਦੱਸਿਆ ਕਿ ਸ਼ਾਹ ਰਾਜੌਰੀ ਜ਼ਿਲ੍ਹੇ 'ਚ ਅੱਤਵਾਦੀ ਹਮਲੇ ਦੇ ਪੀੜਤਾਂ ਦੇ ਪਰਿਵਾਰਾਂ ਨਾਲ ਮੁਲਾਕਾਤ ਕਰਨ ਵਾਲੇ ਹਨ। ਸੂਤਰਾਂ ਨੇ ਕਿਹਾ ਕਿ ਖ਼ਰਾਬ ਮੌਸਮ ਕਾਰਨ ਸ਼ਾਹ ਦੇ ਸਰਹੱਦੀ ਜ਼ਿਲ੍ਹੇ ਦਾ ਦੌਰਾ ਕਰਨ ਦੀ ਸੰਭਾਵਨਾ ਘੱਟ ਹੈ। ਹਾਲਾਂਕਿ, ਰਾਜੌਰੀ ਦੌਰੇ ਨੂੰ ਅਧਿਕਾਰਤ ਤੌਰ 'ਤੇ ਰੱਦ ਨਹੀਂ ਕੀਤਾ ਗਿਆ ਹੈ। ਅਧਿਕਾਰੀਆਂ ਨੇ ਦੱਸਿਆ ਕਿ ਜ਼ਿਲ੍ਹੇ ਦੇ ਡਾਂਗਰੀ ਇਲਾਕੇ 'ਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਉੱਥੇ ਸੜਕਾਂ ਦੀ ਮੁਰੰਮਤ ਕੀਤੀ ਗਈ ਹੈ ਅਤੇ ਸੀਸੀਟੀਵੀ ਕੈਮਰੇ ਲਗਾਏ ਗਏ ਹਨ।
ਉਨ੍ਹਾਂ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ ਨੇ ਇੱਥੇ ਰਾਜ ਭਵਨ ਵਿਖੇ ਉੱਚ ਪੱਧਰੀ ਮੀਟਿੰਗ ਦੌਰਾਨ ਸੁਰੱਖਿਆ ਸਥਿਤੀ ਦਾ ਜਾਇਜ਼ਾ ਲਿਆ। ਮੀਟਿੰਗ 'ਚ ਲੈਫਟੀਨੈਂਟ ਗਵਰਨਰ ਮਨੋਜ ਸਿਨਹਾ, ਮੁੱਖ ਸਕੱਤਰ ਏਕੇ ਮਹਿਤਾ, ਉੱਤਰੀ ਕਮਾਨ ਦੇ ਆਰਮੀ ਕਮਾਂਡਰ ਲੈਫਟੀਨੈਂਟ ਜਨਰਲ ਉਪੇਂਦਰ ਦਿਵੇਦੀ ਅਤੇ ਡੀਜੀਪੀ ਦਿਲਬਾਗ ਸਿੰਘ ਸਮੇਤ ਵੱਖ-ਵੱਖ ਸੁਰੱਖਿਆ ਬਲਾਂ ਅਤੇ ਖੁਫੀਆ ਏਜੰਸੀਆਂ ਦੇ ਸੀਨੀਅਰ ਅਧਿਕਾਰੀਆਂ ਨੇ ਹਿੱਸਾ ਲਿਆ। ਡਾਂਗਰੀ ਪਿੰਡ 'ਚ ਹੋਏ 2 ਅੱਤਵਾਦੀ ਹਮਲਿਆਂ 'ਚ ਘੱਟ ਗਿਣਤੀ ਭਾਈਚਾਰੇ ਦੇ 2 ਬੱਚਿਆਂ ਸਮੇਤ 7 ਲੋਕਾਂ ਦੀ ਮੌਤ ਹੋ ਗਈ ਅਤੇ 14 ਹੋਰ ਜ਼ਖਮੀ ਹੋ ਗਏ। ਭਾਰਤੀ ਜਨਤਾ ਪਾਰਟੀ (ਬੀਜੇਪੀ) ਦੀ ਜੰਮੂ-ਕਸ਼ਮੀਰ ਇਕਾਈ ਦੇ ਮੁਖੀ ਰਵਿੰਦਰ ਰੈਨਾ ਨੇ ਰਾਜੌਰੀ 'ਚ ਪੱਤਰਕਾਰਾਂ ਨੂੰ ਦੱਸਿਆ ਕਿ ਜ਼ਿਲ੍ਹੇ 'ਚ ਖ਼ਰਾਬ ਮੌਸਮ ਕਾਰਨ ਗ੍ਰਹਿ ਮੰਤਰੀ ਦਾ ਦੌਰੇ ਦੀ ਸੰਭਾਵਨਾ ਘੱਟ ਲੱਗ ਰਹੀ ਹੈ। ਉਨ੍ਹਾਂ ਕਿਹਾ ਕਿ ਹਾਲਾਂਕਿ ਸ਼ਾਹ ਪੀੜਤ ਪਰਿਵਾਰਾਂ ਨਾਲ ਗੱਲਬਾਤ ਕਰਨਗੇ। ਅਧਿਕਾਰੀਆਂ ਨੇ ਦੱਸਿਆ ਕਿ ਸ਼ਾਹ ਦੇ ਦੌਰੇ ਦੇ ਮੱਦੇਨਜ਼ਰ ਰਾਜੌਰੀ ਜ਼ਿਲ੍ਹੇ 'ਚ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ ਅਤੇ ਪੂਰੇ ਡਾਂਗਰੀ ਪਿੰਡ ਨੂੰ ਪਾਬੰਦੀਸ਼ੁਦਾ ਖੇਤਰ 'ਚ ਤਬਦੀਲ ਕਰ ਦਿੱਤਾ ਗਿਆ ਹੈ। ਸ਼ੁੱਕਰਵਾਰ ਸਵੇਰ ਤੋਂ ਸ਼ਾਮ ਤੱਕ ਆਮ ਲੋਕਾਂ ਦੀ ਆਵਾਜਾਈ 'ਤੇ ਪਾਬੰਦੀ ਰਹੇਗੀ। ਉਨ੍ਹਾਂ ਨੇ ਕਿਹਾ ਕਿ ਪੁਲਸ ਅਤੇ ਕੇਂਦਰੀ ਹਥਿਆਰਬੰਦ ਪੁਲਸ ਫ਼ੋਰਸਾਂ (ਸੀਏਪੀਐਫ) ਦੇ ਜਵਾਨ ਤਾਇਨਾਤ ਕੀਤੇ ਗਏ ਹਨ, ਜਦੋਂ ਕਿ ਭਾਰਤੀ ਫ਼ੌਜ ਦੇ ਜਵਾਨ ਉੱਪਰਲੇ ਖੇਤਰਾਂ 'ਚ ਤਾਇਨਾਤ ਰਹਿਣਗੇ। |